SGPC News: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇੱਥੋਂ ਸਰਕਾਰਾਂ ਦੀ ਮਨਸ਼ਾ ਜ਼ਾਹਿਰ ਹੁੰਦੀ ਹੈ ਕਿ ਕਿਸ ਤਰ੍ਹਾਂ ਵਾਰ-ਵਾਰ ਪੈਰੋਲ ਉਸ ਨੂੰ ਦਿੱਤੀ ਜਾ ਰਹੀ ਹੈ। ਇੰਨੇ ਘਨਾਉਣੇ ਅਪਰਾਧ ਤੋਂ ਬਾਅਦ ਵੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦਿੱਤੀ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਇੱਕ ਪਾਸੇ ਇਸ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ ਤੇ ਦੂਜੇ ਪਾਸੇ ਬੰਦੀ ਸਿੰਘ ਜੇਲ੍ਹਾਂ ਵਿੱਚ ਬੰਦ ਹਨ। ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਬੰਦੀ ਸਿੰਘ ਜੇਲ੍ਹਾਂ ਵਿੱਚ ਹਨ, ਸਰਕਾਰਾਂ ਨੂੰ ਉਨ੍ਹਾਂ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਸਾਲਾਂ ਤੋਂ ਜੇਲ੍ਹਾਂ 'ਚ ਰੱਖਿਆ ਗਿਆ ਹੈ, ਉਥੇ ਹੀ ਦੂਜੇ ਪਾਸੇ ਗੰਭੀਰ ਅਪਰਾਧਾਂ ’ਚ ਦੋਸ਼ੀ ਕਰਾਰ ਦਿੱਤਾ ਗਿਆ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ 'ਤੇ ਬਾਹਰ ਆ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੋਹਰੇ ਚਿਹਰੇ ਵਾਲਾ ਰਵੱਈਆ ਛੱਡੇ ਅਤੇ ਜੇਕਰ ਬੰਦੀ ਸਿੰਘਾਂ ਨੂੰ ਰਿਹਾਈ ਨਹੀਂ ਮਿਲਦੀ, ਤਾਂ ਇਹ ਸਿੱਧਾ ਧਾਰਮਿਕ ਭੇਦਭਾਵ ਹੈ। ਸ਼੍ਰੋਮਣੀ ਕਮੇਟੀ ਨੇ ਮੰਗ ਕੀਤੀ ਹੈ ਕਿ ਸਰਕਾਰ ਸਪੱਸ਼ਟ ਕਰੇ ਕਿ ਰਾਮ ਰਹੀਮ ਨੂੰ ਪੈਰੋਲ ਦੇਣ ਪਿੱਛੇ ਕਿਹੜੀ ਅਸਲ ਸਥਿਤੀ ਹੈ।
ਰਾਜਸਥਾਨ ਹਾਈ ਕੋਰਟ ਦੇ ਸਿਵਲ ਜੱਜ ਭਰਤੀ ਪ੍ਰੀਖਿਆ ਵਿੱਚ ਅੰਮ੍ਰਿਤਧਾਰੀ ਲੜਕੀ ਨੂੰ ਬੈਠਣ ਨਾ ਦੇਣ ਦੇ ਮਾਮਲੇ ਦੀ ਉਨ੍ਹਾਂ ਨੇ ਸਖਤ ਨਿਖੇਧੀ ਕੀਤੀ। ਉਨ੍ਹਾਂ ਨੇ ਕਿਹਾ ਕਿ ਐਸਜੀਪੀਸੀ ਵੱਲੋਂ ਰਾਜਸਥਾਨ ਸਰਕਾਰ ਨੂੰ ਈਮੇਲ ਕਰਕੇ ਲੜਕੀ ਨੂੰ ਦੁਬਾਰਾ ਪ੍ਰੀਖਿਆ ਦੇਣ ਦਾ ਮੌਕਾ ਦੇਣ ਲਈ ਕਿਹਾ ਗਿਆ ਹੈ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੁਰਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ।
ਰਾਜਸਥਾਨ ਹਾਈ ਕੋਰਟ ਦੇ ਸਿਵਲ ਜੱਜ ਭਰਤੀ ਪ੍ਰੀਖਿਆ ਵਿੱਚ ਅੰਮ੍ਰਿਤਧਾਰੀ ਉਮੀਦਵਾਰ ਲੜਕੀ ਗੁਰਪ੍ਰੀਤ ਕੌਰ ਨੂੰ ਕੜਾ ਅਤੇ ਕਿਰਪਾਨ ਪਹਿਨੇ ਹੋਣ ਕਰਕੇ ਦਾਖਲਾ ਨਹੀਂ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਸਥਾਨ ਸਰਕਾਰ ਨੂੰ ਇੱਕ ਈਮੇਲ ਕੀਤੀ ਗਈ ਅਤੇ ਅਪੀਲ ਕੀਤੀ ਗਈ ਕਿ ਲੜਕੀ ਗੁਰਪ੍ਰੀਤ ਕੌਰ ਨੂੰ ਦੁਬਾਰਾ ਪ੍ਰੀਖਿਆ ਦੇਣ ਦਾ ਮੌਕਾ ਦਿੱਤਾ ਜਾਵੇ। ਉੱਥੇ ਹੀ ਐਸਜੀਪੀਸੀ ਪ੍ਰਧਾਨ ਵੱਲੋਂ ਲੜਕੀ ਗੁਰਪ੍ਰੀਤ ਕੌਰ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਲੜਕੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਉਹ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਮਸਲੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੁੱਕਿਆ ਗਿਆ ਜਿਸ ਤੋਂ ਬਾਅਦ ਰਾਜਸਥਾਨ ਸਰਕਾਰ ਨੇ ਪ੍ਰੀਖਿਆ ਦੌਰਾਨ ਕੜਾ ਕਿਰਪਾਨ ਪਹਿਨਣ ਦੀ ਇਜਾਜ਼ਤ ਵੀ ਦਿੱਤੀ ਗਈ ਹੈ।