Shiromani Akali Dal (ਰੋਹਿਤ ਬਾਂਸਲ ਪੱਕਾ): ਸ਼੍ਰੋਮਣੀ ਅਕਾਲੀ ਦਲ ਵਿੱਚ ਫਿਰ ਵੱਡੇ ਫੇਰਬਦਲ ਦੇ ਸੰਕੇਤ ਮਿਲ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਸੂਬੇ ਦੇ ਲੋਕਾਂ ਵੱਲੋਂ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਉਮੀਦ ਨਾਲੋਂ ਵੱਧ ਲੋਕ ਪਾਰਟੀ ਦੇ ਮੈਂਬਰ ਬਣੇ ਹਨ।
ਚੀਮਾ ਹਲਕਾ ਆਨੰਦਪੁਰ ਸਾਹਿਬ ਦੇ ਪਾਰਟੀ ਦੇ ਨਵੇਂ ਚੁਣੇ ਡੈਲੀਗੇਟਾਂ ਦੇ ਸਨਮਾਨ ਸਮਾਰੋਹ ਮੌਕੇ ਪੁੱਜੇ ਹੋਏ ਸਨ। ਡਾ. ਚੀਮਾ ਨੇ ਕਿਹਾ ਕਿ 8 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰਨੀ ਦੀ ਮੀਟਿੰਗ ਹੋਵੇਗੀ ਤੇ ਉਸ ਦਿਨ ਪਾਰਟੀ ਪ੍ਰਧਾਨ ਦੀ ਚੋਣ ਲਈ ਤਰੀਕ ਦਾ ਐਲਾਨ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਉਮੀਦ ਹੈ ਕੇ ਵਿਸਾਖੀ ਤੋਂ ਪਹਿਲਾਂ ਇਹ ਸਾਰਾ ਕੰਮ ਮੁਕੰਮਲ ਹੋ ਜਾਵੇਗਾ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਵਿਸਾਖੀ ਤੋਂ ਪਹਿਲਾਂ ਆਪਣਾ ਨਵਾਂ ਪ੍ਰਧਾਨ ਮਿਲੇਗਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਕਾਲ ਤਖ਼ਤ ਦੇ ਹੁਕਮਾਂ ਅਨੁਸਾਰ ਅਤੇ ਪਾਰਟੀ ਦੇ ਵਿਧੀ-ਵਿਧਾਨ ਅਨੁਸਾਰ ਭਰਤੀ ਕੀਤੀ ਗਈ ਪਰ ਉਨ੍ਹਾਂ ਦੇ ਰਾਜਨੀਤਿਕ ਵਿਰੋਧੀ ਦਿੱਲੀ ਦੇ ਇਸ਼ਾਰੇ ’ਤੇ ਲੋਕਾਂ ਨੂੰ ਗੁਮਰਾਹ ਕਰਦੇ ਰਹੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀਆਂ ਵਿਰੁੱਧ ਰਵੱਈਏ ਦੀ ਨਾ ਤਾਂ ਸੁਧਾਰ ਲਹਿਰ ਵਾਲਿਆਂ ਨੇ ਅਤੇ ਨਾ ਆਮ ਆਦਮੀ ਪਾਰਟੀ ਵਾਲਿਆਂ ਨੇ ਵਿਰੋਧ ਕੀਤਾ ਜਿਸ ਤੋਂ ਸਿੱਧ ਹੁੰਦਾ ਹੈ ਕਿ ਇਹ ਲੋਕ ਕੇਂਦਰ ਦੇ ਇਸ਼ਾਰੇ ਉਤੇ ਚੱਲ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਵਿੱਚ ਹੁਣ ਸਰਪੰਚ, ਨੰਬਰਦਾਰ ਤੇ ਐਮ.ਸੀ. ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ
ਇਸ ਮੌਕੇ ਅਕਾਲੀ ਦਲ ਦੇ ਮੁੱਖ ਬੁਲਾਰੇ ਉਤੇ ਜ਼ਿਲ੍ਹਾ ਰੂਪਨਗਰ ਦੀ ਮੈਂਬਰਸ਼ਿਪ ਭਰਤੀ ਲਈ ਲਗਾਏ ਆਬਜ਼ਰਵਰ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤਰਿੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਸੀਨੀਅਰ ਆਗੂ ਸੰਦੀਪ ਸਿੰਘ ਕਲੋਤਾ ਨੇ ਵੀ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਨਵੇਂ ਚੁਣੇ ਗਏ ਡੈਲੀਗੇਟਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਮੌਜੂਦ ਸਨ।
ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ ਵਿੱਚ ਕਾਂਗਰਸ v/s ਕਾਂਗਰਸ, ਚੀਮਾ ਦੀ ਰੈਲੀ ਵਿੱਚ ਪਹੁੰਚੇ ਸੀਨੀਅਰ ਕਾਂਗਰਸੀ