Tarn Taran Murder: ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖਾਨ ਵਿੱਚ ਝਗੜਾ ਸੁਲਝਾਉਣ ਦੀ ਕੋਸ਼ਿਸ਼ ਦੌਰਾਨ ਸਬ ਇੰਸਪੈਕਟਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਦਕਿ ਇੱਕ ਪੁਲਿਸ ਅਫ਼ਸਰ ਦੀ ਬਾਂਹ ਟੁੱਟ ਗਈ ਹੈ। ਮ੍ਰਿਤਕ ਦੀ ਪਛਾਣ ਸਬ ਇੰਸਪੈਕਟਰ ਚਰਨਜੀਤ ਸਿੰਘ ਵਜੋਂ ਹੋਈ ਹੈ ਜਦੋਂ ਕਿ ਜ਼ਖਮੀ ਪੁਲਿਸ ਮੁਲਾਜ਼ਮ ਜਸਬੀਰ ਸਿੰਘ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਕਰਮਚਾਰੀ ਇੱਥੇ ਗੋਇੰਦਵਾਲ ਸਬ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਨ।
ਦੱਸਿਆ ਜਾ ਰਿਹਾ ਹੈ ਕਿ ਇਸ ਪਿੰਡ ਦੇ ਆਮ ਆਦਮੀ ਪਾਰਟੀ ਦੇ ਸਰਪੰਚ ਕੁਲਦੀਪ ਸਿੰਘ ਦੇ ਪੁੱਤਰ ਦਾ ਪਿੰਡ ਦੇ ਅਰਸ਼ਦੀਪ ਨਾਲ ਕਈ ਦਿਨਾਂ ਤੋਂ ਝਗੜਾ ਚੱਲ ਰਿਹਾ ਸੀ। ਇਸ ਵਿਵਾਦ ਕਾਰਨ ਬੁੱਧਵਾਰ ਰਾਤ ਨੂੰ ਦੋਵਾਂ ਧਿਰਾਂ ਵਿਚਕਾਰ ਝੜਪ ਹੋ ਗਈ। ਸੂਚਨਾ ਮਿਲਣ 'ਤੇ ਸਬ ਇੰਸਪੈਕਟਰ ਚਰਨਜੀਤ ਸਿੰਘ ਪੁਲਿਸ ਟੀਮ ਨਾਲ ਮੌਕੇ 'ਤੇ ਪਹੁੰਚੇ ਜਿੱਥੇ ਉਸਦਾ ਕਤਲ ਹੋਇਆ।
ਸੂਤਰਾਂ ਮੁਤਾਬਕ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਪਿੰਡ ਕੋਟ ਮੁਹੰਮਦ ਖਾਂ ਵਿਖੇ ਬੀਤੇ ਕੁਝ ਦਿਨ ਤੋਂ ਦੋ ਧਿਰਾਂ ਵਿਚ ਝਗੜਾ ਚੱਲ ਰਿਹਾ ਸੀ। ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੇ ਜਾਣ ਤੋਂ ਬਾਅਦ ਦੋਵਾਂ ਪਾਰਟੀਆਂ ਨੂੰ ਪੁਲਿਸ ਵੱਲੋਂ ਸਮਾਂ ਦੇ ਦਿੱਤਾ ਗਿਆ। ਬੁੱਧਵਾਰ ਦੇਰ ਰਾਤ ਜਦੋਂ ਦੋਵਾਂ ਪਾਰਟੀਆਂ ਵਿਚ ਫਿਰ ਤੋਂ ਤਕਰਾਰ ਹੋਈ ਤਾਂ ਪੁਲਿਸ ਪਾਰਟੀ ਨੂੰ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਗਈ।
ਇਸ ਦੌਰਾਨ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਚਰਨਜੀਤ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਕੋਟ ਮੁਹੰਮਦ ਖਾਂ ਵਿਖੇ ਪੁੱਜੇ। ਦੋਵਾਂ ਧਿਰਾਂ ਵਿਚ ਚੱਲ ਰਹੇ ਝਗੜੇ ਨੂੰ ਸ਼ਾਂਤ ਕਰਵਾਉਣ ਦੌਰਾਨ ਕੁਝ ਵਿਅਕਤੀਆਂ ਵੱਲੋਂ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਸਬ-ਇੰਸਪੈਕਟਰ ਚਰਨਜੀਤ ਸਿੰਘ ਨੂੰ ਗੋਲ਼ੀ ਲੱਗਣ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।
ਪੁਲਿਸ ਪਾਰਟੀ ਵੱਲੋਂ ਹਮਲਾਵਰਾਂ ਨੂੰ ਜਦੋਂ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕੁਝ ਪੁਲਿਸ ਮੁਲਾਜ਼ਮਾਂ ਉੱਪਰ ਵੀ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਉਹ ਜ਼ਖ਼ਮੀ ਹੋ ਗਏ। ਗੰਭੀਰ ਰੂਪ ਵਿਚ ਜ਼ਖ਼ਮੀ ਸਬ-ਇੰਸਪੈਕਟਰ ਚਰਨਜੀਤ ਸਿੰਘ ਨੂੰ ਜਦੋਂ ਹਸਪਤਾਲ ਇਲਾਜ ਲਈ ਤੁਰੰਤ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਹ ਵੀ ਪੜ੍ਹੋ : Punjab News: ਵਿੱਤ ਮੰਤਰੀ ਵੱਲੋਂ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ