Anandpur News: ਸ੍ਰੀ ਅਕਾਲ ਤਖਤ ਸਾਹਿਬ ਤੋਂ ਮਿਲੀ ਧਾਰਮਿਕ ਸਜ਼ਾ ਤਹਿਤ ਸੇਵਾ ਨਿਭਾਉਣ ਲਈ ਸੁਖਬੀਰ ਸਿੰਘ ਬਾਦਲ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਅਕਾਲੀ ਲੀਡਰ ਵੀ ਮੌਜੂਦ ਸਨ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਜ਼ਾ ਸੁਣਾਈ ਗਈ ਹੈ।
ਬੀਤੇ ਦਿਨ ਵਾਪਰੀ ਘਟਨਾ ਤੋਂ ਬਾਅਦ ਚੱਪੇ-ਚੱਪੇ ਪੁਲਿਸ ਤਾਇਨਾਤ ਕੀਤੀ ਗਈ ਹੈ। ਪੁਲਿਸ ਕਿਸੇ ਵੀ ਅਣਸੁਖਾਵੀਂ ਨੂੰ ਟਾਲਣ ਲਈ ਬਾਜ਼ ਅੱਖ ਰੱਖ ਰਹੀ ਹੈ। ਪੰਜਾਬ ਪੁਲਿਸ ਨੇ ਸੁਖਬੀਰ ਬਾਦਲ ਦੇ ਆਲੇ ਦੁਆਲੇ ਤਿੰਨ ਪਰਤਾਂ ਦੀ ਸੁਰੱਖਿਆ ਲਗਾਈ ਹੈ। ਜਿਸ ਵਿੱਚ ਦੋ ਐਸਪੀ ਰੈਂਕ ਦੇ ਅਧਿਕਾਰੀ ਤਾਇਨਾਤ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਦੇ ਆਲੇ-ਦੁਆਲੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੀ ਤਾਇਨਾਤ ਕੀਤੀ ਜਾਣ ਵਾਲੀ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਘਟਨਾ ਨੂੰ ਰੋਕਿਆ ਜਾ ਸਕੇ।
ਚਿੱਟ ਕੱਪੜੀਆ, ਲੇਡੀ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਰਿੰਗ ਘੇਰਾ ਬਣਾ ਕੇ ਗੱਡੀ ਤੋਂ ਤਖਤ ਕੇਸਗੜ੍ਹ ਸਾਹਿਬ ਵਿਖੇ ਪਹੁੰਚਾਇਆ। ਬਾਦਲ ਨੇ ਆਪਣੇ ਗਲ਼ੇ ਵਿੱਚ ਤਖਤੀ ਪਾਈ ਹੋਈ ਸੀ ਤੇ ਵ੍ਹੀਲ ਚੇਅਰ 'ਤੇ ਉਨ੍ਹਾਂ ਨੂੰ ਗੱਡੀ ਤੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਉਣ ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੇ ਸੁਖਬੀਰ ਸਿੰਘ ਬਾਦਲ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਦੁਆਰ ਉਤੇ ਹੱਥ ਵਿੱਚ ਬਰਸ਼ਾ ਫੜ ਕੇ ਸੇਵਾਦਾਰ ਦੀ ਡਿਊਟੀ ਨਿਭਾਈ ਜਾ ਰਹੀ ਹੈ।
ਇੱਕ ਘੰਟਾ ਸੇਵਾਦਾਰ ਦੀ ਡਿਊਟੀ ਨਿਭਾਉਣ ਉਪਰੰਤ ਉਨ੍ਹਾਂ ਵੱਲੋਂ ਇੱਕ ਘੰਟਾ ਗੁਰਬਾਣੀ ਕੀਰਤਨ ਸੁਣਿਆ ਜਾਵੇਗਾ ਅਤੇ ਉਸ ਉਪਰੰਤ ਇੱਕ ਘੰਟੇ ਲਈ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਹਾਲ ਵਿਖੇ ਪੁੱਜ ਕੇ ਜੂਠੇ ਭਾਂਡੇ ਮਾਂਜਣ ਦੀ ਸੇਵਾ ਕੀਤੀ ਜਾਵੇਗੀ। ਹਰਸਿਮਰਤ ਕੌਰ ਬਾਦਲ ਅਤੇ ਅੰਨਤਵੀਰ ਬਾਦਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੇ ਹਨ।
ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬੰਟੀ ਰੁਮਾਣਾ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਅਰਸ਼ਦੀਪ ਸਿੰਘ ਕਲੇਰ, ਭਾਈ ਅਮਰਜੀਤ ਸਿੰਘ ਚਾਵਲਾ, ਗੁਰਪ੍ਰੀਤ ਸਿੰਘ ਝੱਬਰ ਤੇ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਮੌਜੂਦ ਰਹੇ ।