Khanauri Border: ਐਮਐਸਪੀ 'ਤੇ ਕਾਨੂੰਨੀ ਗਰੰਟੀ ਅਤੇ ਹੋਰਨਾਂ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 42 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨ ਲਈ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਪੁੱਜੀ। ਪੰਜਾਬ ਤੇ ਹਰਿਆਣਾ ਦੇ ਸਾਬਕਾ ਜਸਟਿਸ ਨਵਾਬ ਸਿੰਘ ਦੀ ਅਗਵਾਈ ਹੇਠ ਬਣੀ ਹੋਈ ਇਸ ਕਮੇਟੀ ਨੂੰ ਸੁਪਰੀਮ ਕੋਰਟ ਨੇ ਕਿਸਾਨ ਜਥੇਬੰਦੀਆਂ ਤੇ ਸਰਕਾਰਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਣ ਦੀ ਡਿਊਟੀ ਲਗਾਈ ਹੈ। ਇਸ ਕਮੇਟੀ ਵੱਲੋਂ ਪਿਛਲੇ ਹਫ਼ਤੇ ਪੰਚਕੂਲਾ 'ਚ ਕਿਸਾਨ ਆਗੂਆਂ ਨੂੰ ਮੀਟਿੰਗ ਲਈ ਸੱਦਿਆ ਗਿਆ ਸੀ। ਪ੍ਰੰਤੂ ਕਿਸਾਨਾਂ ਨੇ ਮੀਟਿੰਗ ਵਿਚ ਸ਼ਾਮਲ ਹੋਣ ਤੋਂ ਇੰਨਕਾਰ ਕਰ ਦਿੱਤਾ ਸੀ।
ਜਸਟਿਸ ਨਵਾਬ ਸਿੰਘ ਨੇ ਮੁਲਾਕਾਤ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲਚਾਲ ਪੁੱਛਿਆ ਅਤੇ ਕਿਹਾ ਕਿ ਉਨ੍ਹਾਂ ਦੀ ਜਰੂਰਤ ਪੂਰੀ ਦੇਸ ਨੂੰ ਹੈ, ਜਿਸਦੇ ਚੱਲਦੇ ਉਹ ਹੋਰ ਲੰਮੇ ਸਮੇਂ ਲਈ ਸੰਘਰਸ਼ ਕਰਨ ਵਾਸਤੇ ਆਪਣੀ ਸਿਹਤ ਦਾ ਖਿਆਲ ਰੱਖਣ ਦੀ ਅਪੀਲ ਕੀਤੀ। ਇਸ ਮੁਲਾਕਾਤ ਤੋਂ ਬਾਅਦ ਗੱਲਬਾਤ ਕਰਦਿਆਂ ਕਮੇਟੀ ਮੈਬਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਜਗਜੀਤ ਸਿੰਘ ਡੱਲੇਵਾਲ ਨੂੰ ਆਪਣੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਮੈਡੀਕਲ ਇਲਾਜ਼ ਲੈਣ ਲਈ ਕਿਹਾ ਸੀ ਪ੍ਰੰਤੂ ਕਿਸਾਨ ਆਗੂ ਨੇ ਕਿਹਾ ਕਿ ਉਸਦੀ ਸਿਹਤ ਤੋਂ ਪਹਿਲਾਂ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਬਹੁਤ ਜ਼ਰੂਰੀ ਹੈ।
ਕਮੇਟੀ ਮੈਂਬਰਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਉਹ ਕਿਸਾਨ ਆਗੂਆਂ ਨਾਲ ਲਗਾਤਾਰ ਗੱਲਬਾਤ ਕਰਦੇ ਰਹਿਣਗੇ ਤਾਂ ਕਿ ਮਸਲੇ ਦਾ ਕੋਈ ਹੱਲ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਬੇਸ਼ੱਕ ਕਮੇਟੀ ਦੇ ਕੋਲ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਦਾ ਅਧਿਕਾਰ ਨਹੀਂ ਪ੍ਰੰਤੂ ਉਹ ਜੋ ਰੀਪੋਰਟ ਬਣਾਉਣਗੇ, ਉਸਨੂੰ ਸੁਪਰੀਮ ਕੋਰਟ ਵਿਚ ਰੱਖਿਆ ਜਾਵੇਗਾ। ਗੌਰਤਲਬ ਹੈ ਕਿ ਕਿਸਾਨ ਆਗੂ ਨੂੰ ਪੰਜਾਬ ਸਰਕਾਰ ਦੇ ਪ੍ਰਸਾਸਨਿਕ ਅਧਿਕਾਰੀਆਂ ਵੱਲੋਂ ਇਲਾਜ਼ ਕਰਵਾਉਣ ਲਈ ਲਗਾਤਾਰ ਮਨਾਉਣ ਵਾਸਤੇ ਲੱਗੇ ਰਹੇ ਹਨ ਪ੍ਰੰਤੂ ਹਾਲੇ ਤੱਕ ਸਫ਼ਲਤਾ ਨਹੀਂ ਮਿਲੀ। ਓਧਰ ਡੱਲੇਵਾਲ ਦੀ ਸਿਹਤ 'ਤੇ ਨਜ਼ਰ ਰੱਖ ਰਹੀ ਨਿੱਜੀ ਡਾਕਟਰਾਂ ਦੀ ਟੀਮ ਮੁਤਾਬਕ ਡੱਲੇਵਾਲ ਦੇ ਲਿਵਰ ਤੇ ਕਿਡਨੀ 'ਚ ਖ਼ਰਾਬੀ ਆਈ ਹੈ। ਜੇਕਰ ਉਹ ਮਰਨ ਵਰਤ ਖ਼ਤਮ ਵੀ ਕਰ ਦਿੰਦੇ ਹਨ ਤਾਂ ਵੀ ਉਨ੍ਹਾਂ ਦੇ ਸਰੀਰ ਦੇ ਅੰਗ ਕੰਮ ਕਰ ਸਕਣ, ਸੰਭਾਵਨਾ ਬਹੁਤ ਘੱਟ ਹੈ।