Takht Sri Damdama Sahib: ਤਖਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨਾਂ ਨੇ ਮਤਾ ਪਾਸ ਕਰਕੇ ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨਾਂ ਵੱਲੋਂ ਲਾਏ ਗਏ ਫੈਸਲੇ ਨੂੰ ਪੰਥ ਵਿਰੋਧੀ ਅਤੇ ਗੈਰ ਸਿਧਾਂਤਕ ਕਰਾਰ ਦਿੱਤਾ ਹੈ। ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਬੀਤੇ ਦਿਨ ਜਾਰੀ ਕੀਤੇ ਹੁਕਮਨਾਮੇ 'ਤੇ ਟਿੱਪਣੀ ਕਰਦਿਆਂ ਅੱਜ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਇਕੱਤਰਤਾ ਕਰਕੇ ਗੁਰਮਤਾ ਪਾਸ ਕਰਦਿਆਂ ਕਿਹਾ ਹੈ ਕਿ ਜਦੋਂ ਤੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਹੋਈ ਹੈ, ਇਹ ਸਿੱਖ ਜਗਤ ਵਿਚ ਸਰਬਉੱਚ ਹੈ ਅਤੇ ਸਮੁੱਚਾ ਸਿੱਖ ਜਗਤ ਆਪਣੇ ਮਸਲੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਲੈ ਕੇ ਆਉਂਦਾ ਹੈ।
ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਫੈਸਲਿਆਂ ਨੂੰ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਸਵੀਕਾਰ ਕਰਦੀ ਹੈ। ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਗ੍ਰੰਥੀ ਸਿੰਘਾਂ ਨੇ ਮਿਤੀ 21 ਮਈ 2025 ਨੂੰ ਜੋ ਫੈਸਲਾ ਕੀਤਾ ਗਿਆ ਹੈ ਉਹ ਪੰਥਕ ਏਕਤਾ ਨੂੰ ਢਾਹ ਲਗਾਉਣ ਵਾਲਾ ਹੈ ਅਤੇ ਸਿੱਖ ਕੌਮ ਦਾ ਅਕਸ ਖਰਾਬ ਕਰਨ ਵਾਲਾ ਹੈ, ਜੋ ਗੈਰ ਸਿਧਾਂਤਕ ਤੇ ਗੈਰ ਵਾਜਬ ਹੈ।
ਪੰਜ ਪਿਆਰੇ ਸਾਹਿਬਾਨਾਂ ਨੇ ਕਿਹਾ ਕਿ ਸਿੱਖ ਰਹਿਤ ਮਰਿਆਦਾ ਦੇ ਪੰਨਾ ਨੰਬਰ 32 ਦੇ ਸਿਰਲੇਖ ਨੰਬਰ ਚਾਰ ਦੇ ਮੁਤਾਬਕ ਕਿਸੇ ਵੀ ਸਵਾਲ ਉੱਤੇ ਮਤੇ ਹੋ ਸਕਦਾ ਹੈ ਅਤੇ ਸਿਰਲੇਖ ਨੰਬਰ ਪੰਜ ਮੁਤਾਬਕ ਸਥਾਨਕ ਗੁਰ ਸੰਗਤ ਦੇ ਫੈਸਲੇ ਦੀ ਅਪੀਲ ਸ੍ਰੀ ਅਕਾਲ ਤਖਤ ਸਾਹਿਬ ਪਾਸ ਹੋ ਸਕਦੀ ਹੈ ਨਾ ਕਿ ਵੱਖਰਾ ਹੁਕਮ ਜਾਰੀ ਕੀਤਾ ਜਾ ਸਕਦਾ ਹੈ। ਤਖਤ ਸ਼੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨਾਂ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਮਤਾ ਪਾਸ ਕੀਤਾ ਹੈ।
ਦੂਜੇ ਪਾਸੇ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜਾਰੀ ਆਦੇਸ਼ਾਂ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਫਰਮਾਨ ਜਾਰੀ ਕੀਤੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਦਾ ਵੱਡਾ ਹੁਕਮਨਾਮਾ ਸਾਹਮਣੇ ਆਇਆ ਹੈ। ਪੰਜ ਪਿਆਰਿਆਂ ਨੇ ਪਟਨਾ ਸਾਹਿਬ ਦੇ ਹੁਕਮਨਾਮੇ ਨੂੰ ਗੈਰ ਵਾਜਿਬ ਦੱਸਿਆ ਹੈ। ਬੀਤੇ ਦਿਨ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ, ਬਾਬਾ ਟੇਕ ਸਿੰਘ ਅਤੇ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਸੀ। ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਨੇ ਸ੍ਰੀ ਪਟਨਾ ਸਾਹਿਬ ਦੇ ਆਦੇਸ਼ਾਂ ਨੂੰ ਰੱਦ ਕਰ ਦਿੱਤਾ ਹੈ।