Bathinda News (ਕੁਲਬੀਰ ਬੀਰਾ): ਪਿਛਲੇ ਦਿਨੀਂ ਬਠਿੰਡਾ ਦੇ ਪਿੰਡ ਭਾਈ ਬਖਤੌਰ ਵਿਖੇ ਨਸ਼ਾ ਰੋਕੂ ਕਮੇਟੀ ਦੇ ਮੈਂਬਰ ਸਾਬਕਾ ਫੌਜੀ ਰਣਧੀਰ ਸਿੰਘ ਨਾਲ ਕੀਤੀ ਗਈ ਬੁਰੀ ਤਰ੍ਹਾਂ ਕੁੱਟਮਾਰ ਤੇ ਲੱਤਾਂ ਤੋੜਨ ਦੇ ਮਾਮਲੇ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਭਾਵੇਂ ਪੁਲਿਸ ਵੱਲੋਂ ਇਸ ਵਾਰਦਾਤ ਵਿੱਚ ਸ਼ਾਮਿਲ ਤਿੰਨ ਲੋਕਾਂ ਵਿੱਚੋਂ ਦੋ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਪਰ ਲੋਕਾਂ ਵਿੱਚ ਅਜੇ ਵੀ ਸਹਿਮ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ।
ਬਠਿੰਡਾ ਪੁਲਿਸ ਵੱਲੋਂ ਅੱਜ ਪਿੰਡ ਭਾਈ ਬਖਤੌਰ ਵਿੱਚ ਜਾ ਕੇ ਪਿੰਡ ਵਾਸੀਆਂ ਨਾਲ ਜਿੱਥੇ ਗੱਲਬਾਤ ਕੀਤੀ ਉੱਥੇ ਹੀ ਉਨ੍ਹਾਂ ਭਰੋਸਾ ਦਵਾਇਆ ਕਿ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੌਕੇ ਉਤੇ ਪਹੁੰਚੇ ਐਸਪੀ ਹਿਨਾ ਗੁਪਤਾ ਵੱਲੋਂ ਜੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੁਲਿਸ ਵੱਲੋਂ ਪਿੰਡ ਵਿੱਚ ਪੈਟਰੋਲਿੰਗ ਵਧਾਈ ਗਈ ਹੈ। ਪਿੰਡ ਵਾਸੀਆਂ ਵੱਲੋਂ ਜਿਨ੍ਹਾਂ ਲੋਕਾਂ ਉਨ੍ਹਾਂ ਦੀ ਵੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਕਿਸੇ ਤੋਂ ਡਰਨ ਦੀ ਲੋੜ ਨਹੀਂ ਜੇਕਰ ਕੋਈ ਵਿਅਕਤੀ ਗੈਰ ਕਾਨੂੰਨੀ ਕੰਮ ਕਰਦਾ ਹੈ ਜਾਂ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦੇਣ ਪੁਲਿਸ ਵੱਲੋਂ ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਪਿੰਡ ਦੀ ਸਾਂਝੀ ਥਾਂ ਤੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਨੇ ਆਪਣੇ ਦੁਖੜੇ ਰੋਂਦੇ ਹੋਏ ਦੱਸਿਆ ਕਿ ਪਿੰਡ ਦੇ ਹਾਲਾਤ ਨਸ਼ੇ ਦੇ ਮਾਮਲੇ ਵਿੱਚ ਬਹੁਤ ਮਾੜੇ ਹਨ। ਪਿੰਡ ਵਿੱਚ ਨਸ਼ੇ ਕਾਰਨ ਕਈ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ।
ਨਸ਼ੇੜੀਆਂ ਦੇ ਹੌਸਲੇ ਇਸ ਕਦਰ ਬੁਲੰਦ ਹਨ ਕਿ ਉਹ ਹਨੇਰੇ ਸਵੇਰੇ ਬਾਹਰ ਨਿਕਲ ਤੋਂ ਗੁਰੇਜ਼ ਕਰਦੇ ਹਨ ਕਿਉਂਕਿ ਨਸ਼ੇੜੀਆਂ ਵੱਲੋਂ ਥਾਂ-ਥਾਂ ਘੇਰ ਕੇ ਲੁੱਟ ਖੋਹ ਕੀਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡ ਵਿੱਚ ਵਾਪਰੀ ਇਸ ਘਟਨਾ ਕਾਰਨ ਦਹਿਸ਼ਤ ਦਾ ਮਾਹੌਲ ਹੈ। ਭਾਵੇਂ ਪੁਲਿਸ ਵੱਲੋਂ ਇੱਥੇ ਗਸ਼ਤ ਵਧਾ ਦਿੱਤੀ ਗਈ ਹੈ ਪਰ ਲੋਕਾਂ ਵਿੱਚ ਨਸ਼ੇੜੀਆਂ ਖਿਲਾਫ਼ ਵੱਡੀ ਪੱਧਰ ਉਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਰੋਸ ਵਜੋਂ ਪਿੰਡ ਵਿਕਾਊ ਦਾ ਪੋਸਟਰ ਲਗਾਇਆ ਗਿਆ ਸੀ ਕਿਉਂਕਿ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਵੱਲੋਂ ਲਗਾਤਾਰ ਪੁਲਿਸ ਨੂੰ ਸ਼ਿਕਾਇਤ ਦਿੱਤੀ ਜਾ ਰਹੀ ਸੀ ਕਿ ਨਸ਼ਾ ਤਸਕਰਾਂ ਵੱਲੋਂ ਪਿੰਡ ਵਾਸੀਆਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਕਾਰਨ ਇੰਨੀ ਵੱਡੀ ਘਟਨਾ ਵਾਪਰ ਗਈ। ਹੁਣ ਪਿਛਲੇ ਕੁਝ ਦਿਨਾਂ ਤੋਂ ਪੁਲਿਸ ਵੱਲੋਂ ਲਗਾਤਾਰ ਗਸ਼ਤ ਵਧਾਈ ਗਈ ਹੈ ਅਤੇ ਨਸ਼ੇ ਦੀ ਸਮੱਗਲਿੰਗ ਕਰਨ ਵਾਲਿਆਂ ਖਿਲਾਫ ਸਖਤੀ ਕੀਤੀ ਜਾ ਰਹੀ ਹੈ।