Mock Drill News: ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇ ਨਜ਼ਰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ 7 ਮਈ ਨੂੰ ਰਾਤ 9:00 ਵਜੇ ਤੋਂ 9:30 ਵਜੇ ਤੱਕ ਗੁਰਦਾਸਪੁਰ ਤੇ ਬਟਾਲਾ ਸ਼ਹਿਰਾਂ ਵਿੱਚ ਬਲੈਕ ਆਉਟ ਦਾ ਅਭਿਆਸ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਕੱਲ 7 ਮਈ ਨੂੰ ਰਾਤ 9:00 ਵਜੇ ਬਟਾਲਾ ਤੇ ਗੁਰਦਾਸਪੁਰ ਸ਼ਹਿਰਾਂ ਵਿੱਚ ਸਾਇਰਨ ਵਜੇਗਾ ਅਤੇ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ। ਬਲੈਕ ਆਊਟ ਦੀ ਸਮਾਪਤੀ ਅੱਧੇ ਘੰਟੇ ਬਾਅਦ ਰਾਤ 9:30 ਸਾਇਰਨ ਵੱਜਣ ਨਾਲ ਹੋਵੇਗੀ। ਉਨਾਂ ਦੱਸਿਆ ਕਿ ਬਲੈਕ ਆਊਟ ਦੌਰਾਨ ਸਾਰੇ ਸ਼ਹਿਰ ਦੀ ਲਾਈਟ ਬੰਦ ਰਹੇਗੀ ਅਤੇ ਸ਼ਹਿਰ ਦੀ ਜਨਤਾ ਨੂੰ ਵੀ ਇਹ ਅਪੀਲ ਹੈ ਕਿ ਉਹ ਇਸ ਦੌਰਾਨ ਆਪਣੇ ਘਰਾਂ ਵਿੱਚ ਇਨਵਰਟਰ ਜਾਂ ਜਨਰੇਟਰ ਬੰਦ ਰੱਖਣ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਦੀ ਜੋ ਲਾਈਟ ਹਨੇਰਾ ਹੋਣ ਤੇ ਆਪਣੇ ਆਪ ਚਲਦੀ ਹੈ, ਨੂੰ ਵੀ ਇਸ ਸਮੇਂ ਦੌਰਾਨ ਬੰਦ ਕੀਤਾ ਜਾਵੇ, ਤਾਂ ਜੋ ਸ਼ਹਿਰ ਦੇ ਵਿੱਚ ਪੂਰੀ ਤਰ੍ਹਾਂ ਹਨੇਰਾ ਵਿਖਾਈ ਦੇਵੇ।
ਇਸ ਸਮੇਂ ਦੌਰਾਨ ਸੜਕ ਉੱਪਰ ਆਵਾਜਾਈ ਤੋ ਵੀ ਪਰਹੇਜ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ, ਇਹ ਸਿਰਫ਼ ਇੱਕ ਅਭਿਆਸ ਹੈ। ਉਨ੍ਹਾਂ ਜਨਤਾ ਨੂੰ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।