Corona News: ਭਾਵੇਂ ਕੋਵਿਡ ਦੇ ਨਵੇਂ ਵੇਰੀਐਂਟ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ, ਪਰ ਫਿਰ ਵੀ ਇਨ੍ਹਾਂ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ। ਇਹ ਵਿਚਾਰ ਸਿਵਲ ਸਰਜਨ ਅੰਮ੍ਰਿਤਸਰ ਡਾ. ਕਿਰਨਦੀਪ ਕੌਰ ਵੱਲੋਂ ਕੋਵਿਡ ਦੇ 3 ਕੇਸਾਂ ਦੀ ਪੁਸ਼ਟੀ ਕਰਨ ਸਮੇਂ ਕਹੇ ਗਏ। ਉਨ੍ਹਾਂ ਨੇ ਆਖਿਆ ਕਿ ਇਹ ਤਿੰਨੋਂ ਕੇਸ ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰ ਹਨ ਜੋ ਕਿ ਇਸ ਸਮੇਂ ਹੋਮ ਆਈਸੋਲੇਟ ਹਨ ਤੇ ਬਿਲਕੁਲ ਠੀਕ ਹਨ।
ਨਵੇਂ ਵੇਰੀਐਂਟ ਦੇ ਮਰੀਜ਼ ਬਹੁਤ ਜਲਦੀ ਆਪਣੇ ਆਪ ਹੀ ਦੋ ਤਿੰਨ ਦਿਨਾਂ ਦੇ ਵਿੱਚ ਰਿਕਵਰ ਹੋ ਜਾਂਦੇ ਹਨ, ਇਸ ਲਈ ਕੋਵਿਡ ਦੇ ਨਵੇਂ ਵੇਰੀਐਂਟ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਕੋਵਿਡ ਦੇ ਹਲਕੇ ਲੱਛਣਾਂ ਜਿਵੇਂ ਖਾਂਸੀ, ਜੁਕਾਮ, ਬੁਖਾਰ, ਸਾਹ ਵਿੱਚ ਤਕਲੀਫ ਆਦੀ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ। ਭੀੜ ਭਾੜ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਪਰਹੇਜ਼ ਕੀਤਾ ਜਾਵੇ।
ਬਜ਼ੁਰਗਾਂ, ਗਰਭਵਤੀ ਮਾਵਾਂ, ਛੋਟੇ ਬੱਚੇ, ਸ਼ੂਗਰ, ਹਾਈਪਰਟੈਂਸ਼ਨ ਤੇ ਕਿਡਨੀ ਦੇ ਮਰੀਜ਼ ਆਦਿ ਨੂੰ ਆਪਣਾ ਖਾਸ ਧਿਆਨ ਰੱਖਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਆਖਿਆ ਕਿ ਸਮੇਂ ਸਮੇਂ ਤੇ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਧੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਲੋੜ ਅਨੁਸਾਰ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਕੋਈ ਵੀ ਗੰਭੀਰ ਲੱਛਣ ਸਾਹਮਣੇ ਆਉਂਦੇ ਤੁਰੰਤ ਸਰਕਾਰੀ ਸਿਹਤ ਸੰਸਥਾ ਵਿਚ ਆਪਣੀ ਜਾਂਚ ਤੇ ਇਲਾਜ ਕਰਵਾਉਣਾ ਚਾਹੀਦਾ। ਇਸ ਤੋਂ ਇਲਾਵਾ ਅਫਵਾਹਾਂ ਤੇ ਸੋਸ਼ਲ ਮੀਡੀਆ ਉਤੇ ਗਲਤ ਜਾਣਕਾਰੀ ਤੋਂ ਬਚਣਾ ਚਾਹੀਦਾ ਹੈ।
ਲਗਾਤਾਰ ਵੱਧ ਰਹੇ ਮਾਮਲਿਆਂ ਨੇ ਸਿਹਤ ਵਿਭਾਗ ਨੂੰ ਚਿੰਤਤ ਕਰ ਦਿੱਤਾ ਹੈ। ਖਾਸ ਕਰਕੇ ਪੰਜਾਬ ਵਿੱਚ ਕੋਰੋਨਾ ਮਾਮਲਿਆਂ ਵਿੱਚ ਵਾਧੇ ਨੂੰ ਦੇਖਦੇ ਹੋਏ, ਸਰਕਾਰ ਨੇ ਤੁਰੰਤ ਕਾਰਵਾਈ ਕੀਤੀ ਹੈ ਅਤੇ ਨਵੇਂ ਸਾਵਧਾਨੀ ਉਪਾਅ ਕਰਨੇ ਸ਼ੁਰੂ ਕਰ ਦਿੱਤੇ ਹਨ। ਸੂਬਾ ਸਰਕਾਰ ਨੇ ਸਾਰੀਆਂ ਸਰਕਾਰੀ ਅਤੇ ਸਿਹਤ ਸੰਸਥਾਵਾਂ ਨੂੰ ਇੱਕ ਸਲਾਹ ਜਾਰੀ ਕੀਤੀ ਹੈ। ਇਸਦੀ ਪੁਸ਼ਟੀ ਕਰਦੇ ਹੋਏ ਸਹਾਇਕ ਸਿਵਲ ਸਰਜਨ ਡਾ. ਸੁਨੀਤਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੋਰੋਨਾ ਨਾਲ ਨਜਿੱਠਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਨਵੀਆਂ ਹਦਾਇਤਾਂ ਅਨੁਸਾਰ, ਸਾਰੇ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਨੂੰ ਸੁਚੇਤ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਮਾਸਕ ਪਹਿਨਣ ਦੀ ਆਦਤ ਦੁਬਾਰਾ ਅਪਣਾਉਣ ਅਤੇ ਭੀੜ ਵਾਲੀਆਂ ਥਾਵਾਂ ਜਾਂ ਸਮਾਗਮਾਂ ਵਿੱਚ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਇੰਨਾ ਹੀ ਨਹੀਂ, ਸਿਹਤ ਵਿਭਾਗ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਜ਼ੁਕਾਮ, ਖੰਘ, ਬੁਖਾਰ ਜਾਂ ਸਾਹ ਲੈਣ ਵਿੱਚ ਮੁਸ਼ਕਲ ਵਰਗੇ ਕੋਰੋਨਾ ਦੇ ਲੱਛਣ ਮਹਿਸੂਸ ਹੁੰਦੇ ਹਨ, ਤਾਂ ਉਹ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਜਾਂ ਹਸਪਤਾਲ ਵਿੱਚ ਜਾ ਕੇ ਟੈਸਟ ਕਰਵਾਉਣ।