Home >>Punjab

10 ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Jalandhar News: ਵਿਜੀਲੈਂਸ ਬਿਊਰੋ ਦੇ ਉਡਣ ਦਸਤੇ ਨੇ ਵਿਉਂਤਬੰਦੀ ਨਾਲ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਸੀਏ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10 ਲੱਖ ਰੁਪਏ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

Advertisement
10 ਲੱਖ ਰੁਪਏ ਰਿਸ਼ਵਤ ਲੈਂਦਾ ਚਾਰਟਰਡ ਅਕਾਊਂਟੈਂਟ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
Manpreet Singh|Updated: May 31, 2025, 08:23 AM IST
Share

Jalandhar News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਗੁਰਸੇਵਕ ਸਿੰਘ, ਚਾਰਟਰਡ ਅਕਾਊਂਟੈਂਟ (ਸੀਏ), ਜਲੰਧਰ ਨੂੰ 10 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜਿਸਨੇ ਜਲੰਧਰ ਵਿਖੇ ਤਾਇਨਾਤ ਇੱਕ ਸੀਜੀਐਸਟੀ ਅਧਿਕਾਰੀ ਦੇ ਨਾਮ ਉੱਪਰ ਕਥਿਤ ਤੌਰ ਤੇ ਰਿਸ਼ਵਤ ਮੰਗੀ ਸੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜਲੰਧਰ ਦੇ ਰਹਿਣ ਵਾਲੇ ਇੱਕ ਫਰਮ ਦੇ ਮਾਲਕ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੀ ਫਰਮ ਵਿਰੁੱਧ ਸੀਜੀਐਸਟੀ ਐਕਟ ਅਧੀਨ ਕੀਤੀ ਜਾ ਰਹੀ ਜਾਂਚ ਵਿੱਚ ਉਸਦੀ ਮੱਦਦ ਕਰਨ ਬਦਲੇ ਉਕਤ ਚਾਰਟਰਡ ਅਕਾਊਂਟੈਂਟ (ਸੀਏ) ਨੇ ਇੱਕ ਸੀਜੀਐਸਟੀ ਅਧਿਕਾਰੀ ਦੀ ਤਰਫ਼ੋਂ ਉਸ ਤੋਂ 30 ਲੱਖ ਰੁਪਏ ਦੀ ਰਿਸ਼ਵਤ ਮੰਗੀ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਉਡਣ ਦਸਤੇ ਨੇ ਵਿਉਂਤਬੰਦੀ ਨਾਲ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਸੀਏ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10 ਲੱਖ ਰੁਪਏ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਗ੍ਰਿਫਤਾਰੀ ਤੋਂ ਉਪਰੰਤ ਉਕਤ ਸੀਏ ਵੱਲੋਂ ਕੀਤੇ ਗਏ ਖੁਲਾਸਿਆਂ ਤੋਂ ਬਾਅਦ ਇਸ ਕੇਸ ਵਿੱਚ ਸੀਜੀਐਸਟੀ ਅਧਿਕਾਰੀ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7ਏ ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਵਿਜੀਲੈਂਸ ਬਿਊਰੋ ਦੇ ਮੋਹਾਲੀ ਸਥਿਤ ਥਾਣਾ, ਫਲਾਇੰਗ ਸਕੁਐਡ-1, ਪੰਜਾਬ ਵਿਖੇ ਐਫਆਈਆਰ ਨੰਬਰ 17 ਮਿਤੀ 30-05-25 ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Read More
{}{}