Home >>Punjab

30000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Jalandhar News:  ਪੁਲਿਸ ਮੁਲਾਜ਼ਮ ਨੂੰ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਸੈਦਪੁਰ ਕਲਾਂ ਦੇ ਵਸਨੀਕ ਅਤੇ ਰੈਡੀਮੇਡ ਕੱਪੜਿਆਂ ਦੀ ਦੁਕਾਨ ਦੇ ਮਾਲਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ।

Advertisement
 30000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
Manpreet Singh|Updated: May 31, 2025, 09:11 AM IST
Share

Jalandhar News: ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀਆਈਏ ਸਟਾਫ ਜਲੰਧਰ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸਆਈ) ਸੁਖਰਾਜ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਸੈਦਪੁਰ ਕਲਾਂ ਦੇ ਵਸਨੀਕ ਅਤੇ ਰੈਡੀਮੇਡ ਕੱਪੜਿਆਂ ਦੀ ਦੁਕਾਨ ਦੇ ਮਾਲਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ।

ਸ਼ਿਕਾਇਤ ਮੁਤਾਬਕ ਐਸਆਈ ਸੁਖਰਾਜ ਸਿੰਘ ਨੇ ਸ਼ਿਕਾਇਤਕਰਤਾ ਦੇ ਜਵਾਈ ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ 403 ਗ੍ਰਾਮ ਹੈਰੋਇਨ ਦੇ ਸਬੰਧ ਵਿੱਚ ਉਸ ਵੇਲੇ ਗ੍ਰਿਫ਼ਤਾਰ  ਕੀਤਾ ਸੀ ਜਦੋਂ ਉਹ 18 ਮਈ, 2025 ਨੂੰ ਜਲੰਧਰ ਤੋਂ ਤਰਪਾਲਾਂ ਖਰੀਦਣ ਲਈ ਆਇਆ ਸੀ, ਜਿਸ ਸਬੰਧੀ ਕੇਸ ਪੁਲਿਸ ਥਾਣਾ ਡਿਵੀਜ਼ਨ ਨੰਬਰ 1 ਵਿਖੇ ਦਰਜ ਹੈ। ਰਿਮਾਂਡ ਦੀ ਮਿਆਦ ਦੌਰਾਨ ਉਕਤ ਐਸਆਈ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਉਸਦੇ ਜਵਾਈ ਦੀ ਗੱਡੀ ਅਤੇ ਦੋ ਮੋਬਾਈਲ ਫੋਨ ਉਸਦੇ ਕਬਜ਼ੇ ਵਿੱਚ ਹਨ ਜੋ ਅਜੇ ਕੇਸ ਪ੍ਰਾਪਰਟੀ ਵਜੋਂ ਸੂਚੀਬੱਧ ਨਹੀਂ ਕੀਤੇ ਗਏ ਅਤੇ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਨੂੰ ਸਬੰਧਤ ਚੀਜ਼ਾਂ ਵਾਪਸ ਕਰਨ ਦਾ ਭਰੋਸਾ ਦਿੱਤਾ। ਜਦੋਂ ਸ਼ਿਕਾਇਤਕਰਤਾ ਗੱਡੀ ਅਤੇ ਮੋਬਾਈਲ ਫੋਨ ਲੈਣ ਲਈ ਪੁਲਿਸ ਥਾਣੇ ਗਿਆ ਤਾਂ ਉਕਤ ਐਸਆਈ ਨੇ ਇਹ ਚੀਜ਼ਾਂ ਵਾਪਸ ਕਰਨ ਲਈ ਉਸ ਤੋਂ 50,000 ਰੁਪਏ ਦੀ ਰਿਸ਼ਵਤ ਮੰਗੀ। ਗੱਲਬਾਤ ਉਪਰੰਤ ਉਕਤ ਮੁਲਜ਼ਮ 30,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Read More
{}{}