Kotkapura News (ਕੇ ਸੀ ਸੰਜੇ): ਕੋਟਕਪੂਰਾ ਵਿੱਚ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿੱਥੇ ਇੱਕ ਪਾਸੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਹੀ ਹੁਣ ਸਿਹਤ ਵਿਭਾਗ ਨੇ ਵੀ ਮੈਡੀਕਲ ਨਸ਼ਾ ਰੋਕਣ ਲਈ ਹਰਕਤ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਹੀ ਅੱਜ ਸਿਹਤ ਵਿਭਾਗ ਦੇ ਡਰੱਗ ਇੰਸਪੈਕਟਰ ਦੀ ਅਗਵਾਈ ਵਾਲੀ ਟੀਮ ਨੇ ਥਾਣਾ ਸਿਟੀ ਅਤੇ ਥਾਣਾ ਸਦਰ ਦੀ ਪੁਲਿਸ ਨੂੰ ਨਾਲ ਲੈ ਕੇ ਇਲਾਕੇ ਵਿੱਚ ਵੱਖ-ਵੱਖ ਥਾਵਾਂ ਉਤੇ ਮੈਡੀਕਲ ਸਟੋਰ ਤੇ ਕਲੀਨਿਕ ਚੈੱਕ ਕੀਤੇ ਅਤੇ ਇਸ ਦੌਰਾਨ ਉਨ੍ਹਾਂ ਨੂੰ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ।
ਜਾਣਕਾਰੀ ਮੁਤਾਬਕ ਪੁਲਿਸ ਕੋਲ ਸ਼ਿਕਾਇਤਾਂ ਪਹੁੰਚ ਰਹੀਆਂ ਹਨ ਕਿ ਕੁਝ ਮੈਡੀਕਲ ਸਟੋਰਾਂ ਤੋਂ ਨਸ਼ੀਲੀ ਦਵਾਈਆਂ ਦੀ ਵਿਕਰੀ ਕੀਤੀ ਜਾ ਰਹੀ ਹੈ ਅਤੇ ਇਸ ਉਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਸਿਹਤ ਵਿਭਾਗ ਦੇ ਡਰੱਗ ਇੰਸਪੈਕਟਰ ਦੀ ਟੀਮ ਨੂੰ ਮੌਕੇ ਉਤੇ ਬੁਲਾਇਆ ਅਤੇ ਸਾਂਝੇ ਤੌਰ ਉਤੇ ਇਹ ਕਾਰਵਾਈ ਕੀਤੀ ਗਈ। ਇਸ ਦੌਰਾਨ ਕੋਟਕਪੂਰਾ ਦੇ 2 ਮੈਡੀਕਲ ਸਟੋਰ ਅਤੇ ਇਕ ਕਲੀਨਿਕ ਚੈਕ ਕੀਤਾ ਗਿਆ। ਇਕ ਮੈਡੀਕਲ ਸਟੋਰ ਤੋਂ ਬਿਨਾਂ ਬਿਲ ਦਵਾਈਆਂ ਮਿਲੀਆਂ ਹਨ ਜਿਸਦੀ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਹਿਮਾਚਲ ’ਚ ਪੰਜਾਬੀ ਤੇ ਸਿੱਖ ਨੌਜਵਾਨਾਂ ਨਾਲ ਧੱਕਾ ਹਰਗਿਜ਼ ਪ੍ਰਵਾਨ ਨਹੀਂ- ਜਥੇਦਾਰ ਗੜਗੱਜ
ਇਸ ਮੌਕੇ ਗੱਲਬਾਤ ਕਰਦੇ ਹੋਏ ਡਰੱਗ ਇੰਸਪੈਕਟਰ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਫ਼ਰੀਦਕੋਟ ਜ਼ਿਲ੍ਹੇ ਵਿਚ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਫ਼ਰੀਦਕੋਟ ਸ਼ਹਿਰ ਵਿੱਚ ਵੀ ਛਾਪੇਮਾਰੀ ਕੀਤੀ ਗਈ ਸੀ ਅਤੇ ਹੁਣ ਕੋਟਕਪੂਰਾ ਸ਼ਹਿਰ ਅਤੇ ਨੇੜਲੇ ਇਲਾਕਿਆਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇੱਕ ਮੈਡੀਕਲ ਸਟੋਰ ਤੋਂ ਸ਼ਡਿਊਲ ਐਚ ਸਬੰਧੀ ਦਵਾਈਆਂ ਦਾ ਬਿੱਲ ਨਹੀਂ ਮਿਲਿਆ ਹੈ ਜਿਸ ਦੇ ਸਬੰਧ ਵਿੱਚ ਉਸ ਨੂੰ ਬਿੱਲ ਪੇਸ਼ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਸੀ। ਮਾਰਚ ਮਹੀਨੇ ਦੀ ਸ਼ੁਰੂਆਤ ਵਿੱਚ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਸੀ ਕਿ 101 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਗਈ ਸੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 627 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਸੀ।
ਇਹ ਵੀ ਪੜ੍ਹੋ : ਮੋਗਾ ਪੁਲਿਸ ਵੱਲੋਂ ਕੀਤੇ ਗਏ ਐਨਕਾਊਂਟਰ 'ਚ ਇੱਕ ਬਦਮਾਸ਼ ਜਖਮੀ, 32 ਬੋਰ ਪਿਸਤੌਲ ਬਰਾਮਦ