Ludhiana News: ਸਨਅਤੀ ਸ਼ਹਿਰ ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਲਈ ਮਾਹੌਲ ਪੂਰੀ ਤਰ੍ਹਾਂ ਨਾਲ ਭਖ ਚੁੱਕਿਆ ਹੈ। ਪੰਜਾਬ ਦੀਆਂ ਪੰਜ ਨਗਰ ਨਿਗਮ ਚੋਣਾਂ ਜਿੱਤਣ ਲਈ ਸਾਰੀਆਂ ਪਾਰਟੀਆਂ ਵੱਲੋਂ ਦਾਅਵੇਦਾਰੀ ਕੀਤੀ ਜਾ ਰਹੀ ਹੈ ਅਤੇ ਸਿਆਸੀ ਪਾਰਟੀਆਂ ਦੇ ਵੱਡੇ ਲੀਡਰ ਮੈਦਾਨ ਵਿੱਚ ਉਤਰ ਚੁੱਕੇ ਹਨ ਅਤੇ ਆਪਣੇ ਉਮੀਦਵਾਰਾਂ ਦਾ ਚੋਣ ਪ੍ਰਚਾਰ ਕਰ ਰਹੇ ਹਨ।
ਉਸ ਲੜੀ ਤਹਿਤ ਲੁਧਿਆਣਾ ਨਗਰ ਨਿਗਮ ਵੀ ਚੋਣ ਜਿੱਤਣ ਲਈ ਕਾਂਗਰਸ ਨੇ ਵੀ ਸਿਰ ਧੜ ਦੀ ਬਾਜ਼ੀ ਲਗਾ ਦਿੱਤੀ ਹੈ। ਜਿਸ ਲਈ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਚੋਣ ਮੈਦਾਨ ਵਿੱਚ ਉਤਰ ਚੁੱਕੇ ਹਨ। ਉਨ੍ਹਾਂ ਵੱਲੋਂ ਆਪਣੇ ਉਮੀਦਵਾਰਾਂ ਦਾ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਲੋਕ ਸਭਾ ਮੈਂਬਰ ਰਾਜਾ ਵੜਿੰਗ ਵੱਲੋ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਪ੍ਰਚਾਰ ਕੀਤਾ ਜਾ ਰਿਹਾ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਹਿਲਾਂ ਵੀ ਨਗਰ ਨਿਗਮ ਲੁਧਿਆਣਾ ਵਿੱਚ ਕਾਂਗਰਸ ਦਾ ਮੇਅਰ ਸੀ ਤੇ ਹੁਣ ਵੀ ਲੋਕ ਨਗਰ ਨਿਗਮ ਵਿੱਚ ਕਾਂਗਰਸ ਦਾ ਮੇਅਰ ਬਣਾਉਣਗੇ। ਜਦ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਤੁਸੀਂ ਲੁਧਿਆਣਾ ਤੋਂ ਕਾਫੀ ਦਿਨ ਗਾਇਬ ਰਹੇ ਤਾਂ ਉਨ੍ਹਾਂ ਨੇ ਕਿਹਾ ਕਿ ਜ਼ਿਮਨੀ ਚੋਣਾਂ ਅਤੇ ਹਰਿਆਣੇ ਕਰਕੇ ਉਧਰ ਰੁੱਝੇ ਹੋਏ ਸਨ। ਉਨ੍ਹਾਂ ਨੇ ਕਿਹਾ ਕਿ ਉਹ ਹਮੇਸ਼ਾ ਆਪਣੇ ਵਰਕਰਾਂ ਨਾਲ ਹਨ।
ਉਨ੍ਹਾਂ ਨੇ ਕਿਹਾ ਪਰ ਕਦੇ ਵੀ ਕੋਈ ਲੋਕ ਸਭਾ ਮੈਂਬਰ ਇਸ ਤਰ੍ਹਾਂ ਨਾਲ ਕੌਂਸਲਰਾਂ ਦੀ ਚੋਣ ਵਿੱਚ ਪ੍ਰਚਾਰ ਨਹੀਂ ਕਰਦਾ ਦੇਖਿਆ। ਰਾਜਾ ਵੜਿੰਗ ਨੇ ਕਿਹਾ ਕਿ ਕਿਸਾਨਾਂ ਦਾ ਮਾਮਲਾ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਹੱਲ ਕਰਨਾ ਚਾਹੀਦਾ ਹੈ।
ਉਨ੍ਹਾਂ ਨੂੰ ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਉਹ ਕੱਲ੍ਹ ਉਨ੍ਹਾਂ ਨੂੰ ਮਿਲਣਗੇ। ਇਹ ਮਸਲਾ ਦਾ ਕੇਂਦਰ ਦੀ ਸਰਕਾਰ ਨੂੰ ਹੱਲ ਕਰਨਾ ਚਾਹੀਦਾ ਪਰ ਉਨ੍ਹਾਂ ਵੱਲੋਂ ਇਸ ਨੂੰ ਲੈ ਕੇ ਲੋਕ ਸਭਾ ਵਿੱਚ ਵੀ ਮੁੱਦਾ ਚੁੱਕਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਬੁੱਢੇ ਦਰਿਆ ਦੀ ਸਫਾਈ ਦਾ ਕੰਮ ਵੀ ਕੇਂਦਰ ਸਰਕਾਰ ਤੋਂ ਬਿਨਾਂ ਨਹੀਂ ਹੋ ਸਕਦਾ। ਇਸ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਵੀ ਚਿੱਠੀ ਲਿਖੀ ਹੈ।