Home >>Punjab

ਯੁੱਧ ਨਸ਼ਿਆਂ ਵਿਰੁੱਧ; ਹੁਣ ਤੱਕ 1259 ਐਫ.ਆਈ.ਆਰ ਦਰਜ, 1758 ਗ੍ਰਿਫ਼ਤਾਰ- ਹਰਪਾਲ ਸਿੰਘ ਚੀਮਾ

Yudh Nashian Virudh: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਡਰੱਗ ਮਨੀ ਜ਼ਬਤ ਕਰਨ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜਿੰਨ੍ਹਾਂ ਵਿੱਚ 81 ਕਿਲੋਗ੍ਰਾਮ ਹੈਰੋਇਨ, 970 ਕਿਲੋ ਚੂਰਾ ਪੋਸਤ, 51 ਕਿਲੋ ਅਫੀਮ, 10 ਕਿਲੋ ਗਾਂਜਾ, 4 ਕਿਲੋ ਚਰਸ, 1 ਕਿਲੋ ਆਈਸ ਅਤੇ 7,06,714 ਪਾਬੰਦੀਸ਼ੁਦਾ ਦਵਾਈਆਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ।

Advertisement
ਯੁੱਧ ਨਸ਼ਿਆਂ ਵਿਰੁੱਧ; ਹੁਣ ਤੱਕ 1259 ਐਫ.ਆਈ.ਆਰ ਦਰਜ, 1758 ਗ੍ਰਿਫ਼ਤਾਰ- ਹਰਪਾਲ ਸਿੰਘ ਚੀਮਾ
Manpreet Singh|Updated: Mar 13, 2025, 07:09 PM IST
Share

Yudh Nashian Virudh: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਨੂੰ ਅੰਤਿਮ ਝਟਕਾ ਦੇਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੇ ਹਿੱਸੇ ਵਜੋਂ 1 ਮਾਰਚ ਤੋਂ ਹੁਣ ਤੱਕ 1259 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ 1758 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਬੁਲਡੋਜ਼ਰ ਦੀ ਵਰਤੋਂ ਕਰਦਿਆਂ 29 ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ ਨੂੰ ਵੀ ਢਾਹ ਦਿੱਤਾ ਹੈ, ਜਿਸ ਨਾਲ ਨਸ਼ਿਆਂ ਦੇ ਨਾਜਾਇਜ਼ ਕਾਰੋਬਾਰ ਵਿਰੁੱਧ ਸਖ਼ਤ ਸੰਦੇਸ਼ ਗਿਆ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 60 ਲੱਖ ਰੁਪਏ ਦੀ ਡਰੱਗ ਮਨੀ ਸਫਲਤਾਪੂਰਵਕ ਬਰਾਮਦ ਕੀਤੀ ਜਾ ਚੁੱਕੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਡਰੱਗ ਮਨੀ ਜ਼ਬਤ ਕਰਨ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜਿੰਨ੍ਹਾਂ ਵਿੱਚ 81 ਕਿਲੋਗ੍ਰਾਮ ਹੈਰੋਇਨ, 970 ਕਿਲੋ ਚੂਰਾ ਪੋਸਤ, 51 ਕਿਲੋ ਅਫੀਮ, 10 ਕਿਲੋ ਗਾਂਜਾ, 4 ਕਿਲੋ ਚਰਸ, 1 ਕਿਲੋ ਆਈਸ ਅਤੇ 7,06,714 ਪਾਬੰਦੀਸ਼ੁਦਾ ਦਵਾਈਆਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਤੋਂ 22 ਦੋਪਹੀਆ ਵਾਹਨ, 4 ਕਾਰਾਂ, 12 ਪਿਸਤੌਲ ਅਤੇ 8 ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ ਹਨ।

ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਸਮੂਹਿਕ ਸਮਾਜਿਕ ਯਤਨਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਿਰਫ਼ ਨਸ਼ਾ ਤਸਕਰਾਂ ਵਿਰੁੱਧ ਕਾਨੂੰਨੀ ਕਾਰਵਾਈ ਤੱਕ ਸੀਮਤ ਨਹੀਂ ਹੈ, ਸਗੋਂ ਇਸ ਤਹਿਤ ਸਮਾਜਕ ਸ਼ਮੂਲੀਅਤ ਵਧਾਉਣ ਲਈ ਵਿਦਿਆਰਥੀਆਂ ਅਤੇ ਪੰਚਾਇਤਾਂ ਨਾਲ ਮੀਟਿੰਗਾਂ ਕਰਕੇ ਨਸ਼ਿਆਂ ਦੀ ਰੋਕਥਾਮ ਸਬੰਧੀ ਉਪਾਵਾਂ 'ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਸਰਗਰਮ ਸਮਾਜਕ ਹਿੱਸੇਦਾਰੀ ਨੂੰ ਉਤਸ਼ਾਹਿਤ ਕਰਨ ਲਈ ਵਿਦਿਆਰਥੀਆਂ ਨਾਲ 1028 ਮੀਟਿੰਗਾਂ ਅਤੇ 122 ‘ਸੰਪਰਕ’ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਭਾਵਸ਼ੀਲਤਾ ਨੂੰ ਹੋਰ ਵਧਾਉਣ ਲਈ ਰਣਨੀਤਕ ਯੋਜਨਾਬੰਦੀ ਕਰਨ ਵਾਸੇਤ ਕੈਬਨਿਟ ਸਬ-ਕਮੇਟੀ ਵੱਲੋਂ 14 ਮਾਰਚ ਨੂੰ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਚੱਲ ਰਹੇ ਯਤਨਾਂ ਦਾ ਮੁਲਾਂਕਣ ਕਰਨ ਅਤੇ ਮੁਹਿੰਮ ਨੂੰ ਹੋਰ ਵੀ ਪ੍ਰਭਾਵਸ਼ਾਲੀ ਅਤੇ ਤੇਜ਼ ਬਣਾਉਣ ਲਈ ਉਪਾਅ ਕਰਨ 'ਤੇ ਕੇਂਦਰਿਤ ਹੋਵੇਗੀ।

Read More
{}{}