Home >>ZeePHH Trending News

13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Amritsar News: ਸ਼ਿਕਾਇਤ ਅਨੁਸਾਰ ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਜੇਕਰ ਉਹ ਆਪਣਾ ਨਾਮ ਡਿਫਾਲਟਰ ਸੂਚੀ ਵਿੱਚੋਂ ਕੱਢਵਾ ਕੇ ਮਾਲ ਰਿਕਾਰਡ ਵਿੱਚ ਸੋਧ ਕਰਵਾਉਣਾ ਚਾਹੁੰਦਾ ਹੈ, ਤਾਂ ਉਸਨੂੰ 13,000 ਰੁਪਏ ਰਿਸ਼ਵਤ ਦੇਣੀ ਪਵੇਗੀ।

Advertisement
13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
Manpreet Singh|Updated: Jul 01, 2025, 05:56 PM IST
Share

Amritsar News: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀ.ਡੀ.ਪੀ.ਓ.) ਅੰਮ੍ਰਿਤਸਰ ਵਿਖੇ ਤਾਇਨਾਤ ਬਲਾਕ ਅਫ਼ਸਰ ਜਾਰਜ ਮਸੀਹ ਨੂੰ 13000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬਕਰੌਰ, ਜ਼ਿਲ੍ਹਾ ਅੰਮ੍ਰਿਤਸਰ ਦੇ ਇੱਕ ਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਹ ਸਾਲ 2024 ਵਿੱਚ ਆਪਣੇ ਪਿੰਡ ਤੋਂ ਪੰਚਾਇਤੀ ਚੋਣਾਂ ਲੜਨਾ ਚਾਹੁੰਦਾ ਸੀ ਪਰ ਅਜਿਹਾ ਨਾ ਕਰ ਸਕਿਆ, ਕਿਉਂਕਿ ਬਲਾਕ ਅਫ਼ਸਰ ਅਜਨਾਲਾ ਵੱਲੋਂ ਉਸਨੂੰ ਡਿਫ਼ਾਲਟਰ ਘੋਸ਼ਿਤ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਸਨੇ 4 ਕਨਾਲ ਦੀ ਸਰਕਾਰੀ ਜ਼ਮੀਨ ਦੇ ਬਕਾਏ ਦਾ ਭੁਗਤਾਨ ਨਹੀਂ ਕੀਤਾ ਹੈ ਅਤੇ ਇਸ ਸਬੰਧੀ ਉਸ ਖਿਲਾਫ਼ ਐਫ਼.ਆਈ.ਆਰ. ਦਰਜ ਕੀਤੀ ਜਾਵੇਗੀ।

ਸ਼ਿਕਾਇਤ ਅਨੁਸਾਰ ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਜੇਕਰ ਉਹ ਆਪਣਾ ਨਾਮ ਡਿਫਾਲਟਰ ਸੂਚੀ ਵਿੱਚੋਂ ਕੱਢਵਾ ਕੇ ਮਾਲ ਰਿਕਾਰਡ ਵਿੱਚ ਸੋਧ ਕਰਵਾਉਣਾ ਚਾਹੁੰਦਾ ਹੈ, ਤਾਂ ਉਸਨੂੰ 13,000 ਰੁਪਏ ਰਿਸ਼ਵਤ ਦੇਣੀ ਪਵੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਅੰਮ੍ਰਿਤਸਰ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 13000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Read More
{}{}