Home >>ZeePHH Trending News

11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Barnala News: ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਨੇ 2,21,402 ਰੁਪਏ ਦੇ ਉਸਦੇ ਬਕਾਇਆ ਭੁਗਤਾਨ ਚੈੱਕ ਦੀ ਕਲੀਅਰੈਂਸ ਕਰਾਉਣ ਬਦਲੇ 11000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

Advertisement
11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
Manpreet Singh|Updated: Jul 04, 2025, 06:33 PM IST
Share

Barnala News: ਭ੍ਰਿਸ਼ਟਾਚਾਰ ਵਿਰੁੱਧ ਕੀਤੀ ਜਾ ਰਹੀ ਆਪਣੀ ਲਗਾਤਾਰ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਬਰਨਾਲਾ ਦੇ ਨਗਰ ਕੌਂਸਲ ਧਨੌਲਾ ਵਿਖੇ ਤਾਇਨਾਤ ਲੇਖਾਕਾਰ ਦੀਪਕ ਸੇਤੀਆ ਨੂੰ 11,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਧਨੌਲਾ ਕਸਬੇ ਦੇ ਵਸਨੀਕ ਇੱਕ ਠੇਕੇਦਾਰ ਦੀ ਸਿ਼ਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਨੇ 2,21,402 ਰੁਪਏ ਦੇ ਉਸਦੇ ਬਕਾਇਆ ਭੁਗਤਾਨ ਚੈੱਕ ਦੀ ਕਲੀਅਰੈਂਸ ਕਰਾਉਣ ਬਦਲੇ 11000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 11000 ਰੁਪਏ ਰਿਸ਼ਵਤ ਲੈਂਦੇ ਹੋਏ ਦੀਪਕ ਸੇਤੀਆ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਮੌਕੇ ਤੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਗਈ ਹੈ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਸਬੰਧੀ ਹੋਰ ਜਾਂਚ ਪ੍ਰਕਿਰਿਆ ਅਧੀਨ ਹੈ।

ਵਿਜੀਲੈਂਸ ਬਿਊਰੋ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਇਹ ਗ੍ਰਿਫ਼ਤਾਰੀ ਭ੍ਰਿਸ਼ਟਾਚਾਰ ਵਿਰੁੱਧ ਸਾਡੀ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਉਜਾਗਰ ਕਰਦੀ ਹੈ। ਅਸੀਂ ਹਰ ਪੱਧਰ ਤੇ ਬੇਨਿਯਮੀਆਂ ਨੂੰ ਜੜ੍ਹੋਂ ਪੁੱਟਣ ਅਤੇ ਲੋਕਾਂ ਲਈ ਜਵਾਬਦੇਹੀ ਯਕੀਨੀ ਬਣਾਉਣ ਲਈ ਵਚਨਬੱਧ ਹਾਂ’’।

ਵਿਜੀਲੈਂਸ ਬਿਊਰੋ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਹੈਲਪਲਾਈਨ ਰਾਹੀਂ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਕਰਨ ਤਾਂ ਜੋ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ।

Read More
{}{}