Mohali News: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਦੇ ਹਿੱਸੇ ਵਜੋਂ, ਮੋਹਾਲੀ ਦੇ ਬੱਲੋ ਮਾਜਰਾ ਪਿੰਡ ਅਤੇ ਇਸਦੇ ਆਲੇ ਦੁਆਲੇ ਦੇ ਨੌਜਵਾਨਾਂ ਨੇ ਇਸ ਮੁਹਿੰਮ ਦਾ ਸਮਰਥਨ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਦੋ ਦਿਨਾਂ ਯਾਰਾਂ ਦਾ ਕਬੱਡੀ ਟੂਰਨਾਮੈਂਟ ਕਰਵਾਇਆ। ਕਬੱਡੀ ਮੈਚਾਂ ਦੌਰਾਨ ਦੋ ਦਿਨ ਰੰਗਾਰੰਗ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਸ ਟੂਰਨਾਮੈਂਟ ਵਿੱਚ, ਚੋਟੀ ਦੀਆਂ ਅੱਠ ਅਕੈਡਮੀ ਟੀਮਾਂ ਨੇ ਆਪਣੀ ਪ੍ਰਤਿਭਾ ਦਿਖਾਈ। ਜੇਤੂ ਟੀਮ ਨੂੰ 2.5 ਲੱਖ ਰੁਪਏ ਦਾ ਨਕਦ ਇਨਾਮ ਅਤੇ ਉਪ ਜੇਤੂ ਟੀਮ ਨੂੰ 2 ਲੱਖ ਰੁਪਏ ਦਾ ਇਨਾਮ ਦਿੱਤਾ ਗਿਆ। ਕਬੱਡੀ ਟੂਰਨਾਮੈਂਟ ਦੇ ਪਹਿਲੇ ਦਿਨ ਦੀ ਸ਼ਾਮ ਨੂੰ ਮਸ਼ਹੂਰ ਪੰਜਾਬੀ ਗਾਇਕ ਗੁਰਨੇਜ ਅਖਤਰ ਵੱਲੋਂ ਇੱਕ ਖੁੱਲ੍ਹਾ ਅਖਾੜਾ ਲਗਾਇਆ ਗਿਆ ਅਤੇ ਟੂਰਨਾਮੈਂਟ ਦੇ ਆਖਰੀ ਦਿਨ, ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਨੇ ਖੁੱਲ੍ਹਾ ਅਖਾੜਾ ਲਗਾ ਕੇ ਲੋਕਾਂ ਦਾ ਮਨੋਰੰਜਨ ਕੀਤਾ। ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ, ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ, ਐਨਕੇ ਸ਼ਰਮਾ ਪਰਵਿੰਦਰ ਸਿੰਘ ਸੋਹਾਣਾ, ਡਿਪਟੀ ਮੇਅਰ ਨਗਰ ਨਿਗਮ ਮੋਹਾਲੀ ਕੁਲਜੀਤ ਬੇਦੀ ਸਮੇਤ ਕਈ ਰਾਜਨੀਤਿਕ ਅਤੇ ਸਮਾਜਿਕ ਹਸਤੀਆਂ ਨੇ ਯਾਰਾਂ ਦੇ ਕਬੱਡੀ ਟੂਰਨਾਮੈਂਟ ਵਿੱਚ ਹਿੱਸਾ ਲਿਆ।